ਯਿਸੂ ਆਪਣੇ ਚੇਲਿਆਂ ਨੂੰ ਚੇਤਾਵਨੀ ਅਤੇ ਦਿਲਾਸਾ ਦਿੰਦਾ ਹੈ

1. “ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸੀਆਂ ਹਨ ਤਾਂ ਜੋ ਤੁਹਾਡਾ ਵਿਸ਼ਵਾਸ ਦ੍ਰਿੜ ਰਹਿ ਸੱਕੇ।

2. ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾਂ ਤੋਂ ਬਾਹਰ ਕੱਢਣਗੇ। ਹਾਂ, ਵਕਤ ਆ ਰਿਹਾ ਹੈ ਜਦੋਂ ਲੋਕ ਇਹ ਸੋਚਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।

3. ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਜਾਂ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।

4. ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਕਹੀਆਂ ਹਨ, ਤਾਂ ਜੋ ਜਦੋਂ ਇਨ੍ਹਾਂ ਗੱਲਾਂ ਦੇ ਪੂਰਣ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਚਿਤਾਵਨੀ ਦਿੱਤੀ ਸੀ। ਪਵਿੱਤਰ ਆਤਮਾ ਦਾ ਕਾਰਜ “ਇਹ ਗੱਲਾਂ ਮੈਂ ਤੁਹਾਨੂੰ ਮੁਢੋਂ ਹੀ ਨਹੀਂ ਸੀ ਦੱਸੀਆਂ ਕਿਉਂਕਿ ਮੈਂ ਤੁਹਾਡੇ ਨਾਲ ਸੀ।

ਪਵਿੱਤਰ ਆਤਮਾ ਦਾ ਕੰਮ

5. ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸਨੇ ਮੈਨੂੰ ਘੱਲਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਮੈਨੂੰ ਨਹੀਂ ਪੁੱਛਦਾ ਤੂੰ ਕਿੱਥੇ ਜਾ ਰਿਹਾ ਹੈ।

6. ਤੁਹਾਡੇ ਦਿਲ ਦੁੱਖ ਨਾਲ ਭਰਪੂਰ ਹਨ ਕਿਉਂਕਿ ਮੈਂ ਤੁਹਾਨੂੰ ਅਜਿਹੀਆਂ ਗੱਲਾਂ ਦੱਸੀਆਂ ਹਨ।

7. ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਚੱਲਾ ਜਾਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ।

8. “ਜਦੋਂ ਸਹਾਇਕ ਆਵੇਗਾ, ਉਹ ਇਸ ਦੁਨੀਆਂ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਗਲਤ ਹਨ।

9. ਕਿਉਂ ਕਿ ਉਹ ਮੇਰੇ ਵਿੱਚ ਵਿਸ਼ਵਾਸ ਨਹੀਂ ਰੱਖਦੇ। ਉਹ ਸਹਾਇਕ ਸਾਬਤ ਕਰੇਗਾ ਕਿ ਲੋਕ ਪਾਪ ਦੇ ਬਾਰੇ ਦੋਸ਼ੀ ਹਨ।

10. ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਬਾਰੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾ ਰਿਹਾ ਹਾਂ। ਫ਼ੇਰ ਤੁਸੀਂ ਮੈਨੂੰ ਵੱਧੇਰੇ ਨਹੀਂ ਵੇਖ ਸੱਕੋਂਗੇ।

11. ਸਹਾਇਕ ਇਸ ਦੁਨੀਆਂ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂੇ ਦੇ ਬਾਰੇ ਗਲਤ ਹਨ, ਕਿਉਂਕਿ ਇਸ ਦੁਨੀਆਂ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ।

12. “ਮੇਰੇ ਕੋਲ ਹੋਰ ਵੀ ਤੁਹਾਨੂੰ ਦੱਸਣ ਲਈ ਬਹੁਤ ਕੁਝ ਹੈ, ਪਰ ਇਸ ਵੇਲੇ ਤੁਹਾਡੇ ਲਈ ਉਨ੍ਹਾਂ ਨੂੰ ਸਵੀਕਾਰ ਕਰਨਾ ਮੁਸ਼ਕਿਲ ਹੈ।

13. ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣਦਾ ਹੈ ਅਤੇ ਉਹ ਤੁਹਾਨੂੰ, ਦੱਸੇਗਾ ਕਿ ਕੀ ਵਾਪਰੇਗਾ।

14. ਸਚਿਆਈ ਦਾ ਆਤਮਾ ਮੈਨੂੰ ਮਹਿਮਾ ਲਿਆਵੇਗਾ। ਕਿਵੇਂ? ਉਹ ਮੇਰੇ ਕੋਲੋਂ ਚੀਜ਼ਾਂ ਲਵੇਗਾ ਅਤੇ ਤੁਹਾਨੂੰ ਪ੍ਰਕਾਸ਼ਿਤ ਕਰੇਗਾ।

15. ਉਹ ਸਭ ਕੁਝ ਜੋ ਪਿਤਾ ਨਾਲ ਸੰਬੰਧਿਤ ਹੈ, ਮੇਰਾ ਹੈ। ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਡੇ ਅੱਗੇ ਪ੍ਰਗਟ ਕਰੇਗਾ।

ਦੁੱਖ ਖੁਸ਼ੀ ਵਿੱਚ ਬਦਲ ਜਾਵੇਗਾ

16. ਉਦਾਸੀ ਖੁਸ਼ੀ ਵਿੱਚ ਬਦਲੀ ਜਾਵੇਗੀ “ਥੋੜੀ ਦੇਰ ਬਾਦ ਤੁਸੀਂ ਮੈਨੂੰ ਨਹੀਂ ਵੇਖੋਂਗੇ। ਉਸ ਤੋਂ ਕੁਝ ਦੇਰ ਬਾਦ, ਤੁਸੀਂ ਮੈਨੂੰ ਫ਼ੇਰ ਵੇਖੋਂਗੇ।”

17. ਕੁਝ ਚੇਲਿਆਂ ਨੇ ਆਪਸ ਵਿੱਚ ਕਿਹਾ, “ਯਿਸੂ ਦਾ ਇਸਤੋਂ ਕੀ ਭਾਵ ਹੈ ਜਦੋਂ ਉਹ ਕਹਿੰਦਾ ਕਿ, ‘ਕੁਝ ਦੇਰ ਲਈ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਕੁਝ ਦੇਰ ਬਾਦ ਫ਼ੇਰ ਤੁਸੀਂ ਮੈਨੂੰ ਵੇਖੋਂਗੇ?’ ਅਤੇ ਇਸਤੋਂ ਕੀ ਭਾਵ? ਕਿ ਜਦੋਂ ਉਹ ਕਹਿੰਦਾ, ‘ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾ ਰਿਹਾ ਹਾਂ?’”

18. ਤਾਂ ਉਨ੍ਹਾਂ ਨੇ ਪੁੱਛਿਆ, “‘ਥੋੜੀ ਦੇਰ’ ਤੋਂ ਉਸਦਾ ਕੀ ਭਾਵ ਹੈ? ਜੋ ਉਹ (ਯਿਸੂ) ਆਖਦਾ ਹੈ ਅਸੀਂ ਨਹੀਂ ਸਮਝੇ।”

19. ਯਿਸੂ ਨੇ ਵੇਖਿਆ ਕਿ ਚੇਲੇ ਉਸ ਨੂੰ ਇਸ ਬਾਬਤ ਕੁਝ ਪੁੱਛਣਾ ਚਾਹੁੰਦੇ ਹਨ ਤਾਂ ਯਿਸੂ ਨੇ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਇਸ ਬਾਰੇ ਪੁੱਛ ਰਹੇ ਹੋ ਕਿ ਜੋ ਮੈਂ ਆਖਿਆ, ‘ਕੀ ਚਿਰ ਬਾਦ, ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋੜੇ ਜਿਹੇ ਚਿਰ ਬਾਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ?’

20. ਮੈਂ ਤੁਹਾਨੂੰ ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਦੁਨੀਆਂ ਖੁਸ਼ ਹੋਵੇਗੀ। ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲੇਗੀ।

21. “ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਦਰਦ ਮਹਿਸੂਸ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਦ ਉਹ ਇਸ ਖੁਸ਼ੀ ਕਾਰਣ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜਨਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ।

22. ਤੁਹਾਡੇ ਨਾਲ ਵੀ ਇਵੇਂ ਹੀ ਹੈ। ਹੁਣ ਤੁਸੀਂ ਉਦਾਸ ਹੋ। ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਥੋਂ ਕੋਈ ਨਹੀਂ ਖੋਹ ਸੱਕਦਾ।

23. ਅਤੇ ਉਸ ਦਿਨ ਤੁਸੀਂ ਮੇਰੇ ਤੇ ਕੋਈ ਸਵਾਲ ਨਹੀਂ ਕਰੋਂਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਂ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ।

24. ਅਜੇ ਤੱਕ ਤੁਸੀਂ ਮੇਰੇ ਨਾਂ ਵਿੱਚ ਕੁਝ ਨਹੀਂ ਮੰਗਿਆ। ਮੰਗੋ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਭਰਪੂਰ ਹੋਵੇਗੀ।

ਯਿਸੂ ਮਸੀਹ ਨੇ ਸੰਸਾਰ ਨੂੰ ਜਿੱਤ ਲਿਆ ਹੈ

25. ਜਗਤ ਉੱਤੇ ਤੁਹਾਡੀ ਜਿੱਤ “ਮੈਂ ਤੁਹਾਨੂੰ ਇਹ ਗੱਲਾਂ ਦੱਸਣ ਲਈ ਸੰਕੇਤਕ ਭਾਸ਼ਾ ਇਸਤੇਮਾਲ ਕੀਤੀ ਹੈ। ਪਰ ਉਹ ਸਮਾਂ ਆਵੇਗਾ ਜਦ ਮੈਂ ਤੁਹਾਨੂੰ ਕੁਝ ਵੀ ਦੱਸਣ ਲਈ ਸੰਕੇਤਕ ਟਿੱਪਣੀ ਦਾ ਇਸਤੇਮਾਲ ਨਹੀਂ ਕਰਾਂਗਾ। ਸਗੋਂ ਮੈਂ ਤੁਹਾਨੂੰ ਆਪਣੇ ਪਿਤਾ ਬਾਰੇ ਬੜੇ ਸਪੱਸ਼ਟ ਸ਼ਬਦਾਂ ਵਿੱਚ ਦੱਸਾਂਗ਼ਾ।

26. ਇਸ ਦਿਨ ਤੁਸੀਂ ਮੇਰੇ ਨਾਂ ਵਿੱਚ ਮੰਗੋਂਗੇ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੇਰੇ ਲਈ ਇਹ ਜ਼ਰੂਰੀ ਨਹੀਂ ਹੋਵੇਗਾ ਕਿ ਮੈਂ ਤੁਹਾਡੇ ਲਈ ਪਿਤਾ ਅੱਗੇ ਮੰਗਾਂ।

27. ਨਹੀਂ, ਪਿਤਾ ਆਪਣੇ-ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂ ਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ। ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂ ਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ।

28. ਮੈਂ ਪਿਤਾ ਵੱਲੋਂ ਇਸ ਜਗਤ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾ ਰਿਹਾ ਹਾਂ।”

29. ਤਦ ਯਿਸੂ ਦੇ ਚੇਲਿਆਂ ਨੇ ਆਖਿਆ, “ਵੇਖ, ਹੁਣ ਤੂੰ ਸਪੱਸ਼ਟ ਬੋਲ ਰਿਹਾ ਹੈ ਅਤੇ ਤੂੰ ਸੰਕੇਤਕ ਟਿੱਪਣੀ ਇਸਤੇਮਾਲ ਨਹੀਂ ਕਰ ਰਿਹਾ।

30. ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁਝ ਪਤਾ ਹੈ, ਤੂੰ ਕਿਸੇ ਦੇ ਸਵਾਲ ਕੀਤੇ ਬਗੈਰ ਹੀ ਜਵਾਬ ਦੇ ਸੱਕਦਾ ਹੈ। ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ।”

31. ਯਿਸੂ ਨੇ ਆਖਿਆ, “ਤਾਂ ਕੀ ਹੁਣ ਤੁਸੀਂ ਵਿਸ਼ਵਾਸ ਕਰਦੇ ਹੋ?”

32. ਮੈਨੂੰ ਧਿਆਨ ਨਾਲ ਸੁਣੋ, ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰੀਂ ਮੁੜ ਜਾਵੋਂਗੇ ਅਤੇ ਤੁਸੀਂ ਮੈਨੂੰ ਇੱਕਲਾ ਛੱਡ ਦੇਵੋਂਗੇ। ਉਹ ਸਮਾਂ ਹੁਣ ਆ ਹੀ ਚੁੱਕਿਆ ਹੈ। ਪਰ ਤਾਂ ਵੀ ਮੈਂ ਇੱਕਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ।

33. “ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਰਾਹੀਂ ਸ਼ਾਂਤੀ ਪਾ ਸੱਕੋਂ। ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਸਲਾ ਰੱਖੋ ਮੈਂ ਜਗਤ ਨੂੰ ਜਿੱਤ ਲਿਆ ਹੈ।”

Bibles

Books

Chapters