ਮੁੱਖ ਸੰਗੀਤਕਾਰ ਨੂੰ. ਡੇਵਿਡ ਦਾ ਇੱਕ ਜ਼ਬੂਰ।
ਦੁਸ਼ਟ ਆਦਮੀਆਂ ਤੋਂ ਛੁਟਕਾਰਾ ਪਾਉਣ ਲਈ ਪ੍ਰਾਰਥਨਾ
1. ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ, ਮੈਨੂੰ ਮੰਦੇ ਲੋਕਾਂ ਪਾਸੋਂ ਬਚਾਉ। ਜ਼ਾਲਮ ਲੋਕਾਂ ਤੋਂ ਮੇਰੀ ਰੱਖਿਆ ਕਰੋ।
2. ਉਹ ਲੋਕ ਮੰਦੀਆਂ ਯੋਜਨਾਵਾਂ ਬਨਾਉਂਦੇ ਹਨ। ਉਹ ਲੋਕ ਹਰ ਵੇਲੇ ਲੜਾਈਆਂ ਛੇੜਦੇ ਹਨ।
3. ਉਨ੍ਹਾਂ ਦੀਆਂ ਜੀਭਾਂ ਜ਼ਹਿਰੀਲੇ ਸੱਪਾਂ ਵਰਗੀਆਂ ਹਨ। ਇਵੇਂ ਹੈ ਜਿਵੇਂ ਉਨ੍ਹਾਂ ਦੀ ਜੀਭ ਹੇਠਾਂ ਸੱਪ ਦਾ ਜ਼ਹਿਰ ਛੁਪਿਆ ਹੋਵੇ।
4. ਯਹੋਵਾਹ, ਮੈਨੂੰ ਬਦ ਲੋਕਾਂ ਤੋਂ ਬਚਾਉ। ਜ਼ਾਲਮ ਲੋਕਾਂ ਤੋਂ ਮੇਰੀ ਰੱਖਿਆ ਕਰੋ। ਉਹ ਲੋਕ ਮੇਰਾ ਪਿੱਛਾ ਕਰਦੇ ਹਨ ਅਤੇ ਮੈਨੂੰ ਦੁੱਖ ਦੇਣ ਦੀ ਕੋਸ਼ਿਸ਼ ਕਰਦੇ ਹਨ।
5. ਉਹ ਗੁਮਾਨੀ ਲੋਕ ਮੇਰੇ ਲਈ ਫ਼ੰਦੇ ਲਾਉਂਦੇ ਹਨ। ਉਹ ਮੈਨੂੰ ਫ਼ੜਨ ਲਈ ਜਾਲ ਲਾਉਂਦੇ ਹਨ। ਉਹ ਮੇਰੇ ਰਾਹ ਵਿੱਚ ਫ਼ੰਦਾ ਲਾਉਂਦੇ ਹਨ।
6. ਯਹੋਵਾਹ, ਤੁਸੀਂ ਮੇਰੇ ਪਰਮੇਸ਼ੁਰ ਹੋ। ਯਹੋਵਾਹ ਮੇਰੀ ਪ੍ਰਾਰਥਨਾ ਸੁਣੋ।
7. ਯਹੋਵਾਹ, ਤੁਸੀਂ ਮੇਰੇ ਸ਼ਕਤੀਸ਼ਾਲੀ ਮਾਲਕ ਹੋ। ਤੁਸੀਂ ਮੇਰੇ ਮੁਕਤੀਦਾਤਾ ਹੋ। ਤੁਸੀਂ ਯੁੱਧ ਵਿੱਚ ਮੇਰੇ ਸਿਰ ਦੀ ਰੱਖਿਆ ਕਰ ਰਹੇ ਟੋਪ ਵਾਂਗ ਹੋ।
8. ਯਹੋਵਾਹ, ਉਹ ਲੋਕ ਬਦ ਹਨ। ਉਨ੍ਹਾਂ ਨੂੰ ਉਹ ਨਾ ਦਿਉ ਜੋ ਉਹ ਮੰਗਦੇ ਹਨ। ਉਨ੍ਹਾਂ ਦੀਆਂ ਯੋਜਨਾਵਾਂ ਸਫ਼ਲ ਨਾ ਹੋਣ ਦਿਉ।
9. ਯਹੋਵਾਹ, ਮੇਰੇ ਦੁਸ਼ਮਣਾ ਨੂੰ ਨਾ ਜਿੱਤਣ ਦਿਉ। ਉਹ ਲੋਕ ਮੰਦੀਆਂ ਗੱਲਾਂ ਦੀਆਂ ਯੋਜਨਾਵਾਂ ਬਣਾਉਂਦੇ ਹਨ, ਪਰ ਕੁਝ ਅਜਿਹਾ ਕਰੋ ਕਿ ਮੰਦੀਆਂ ਗੱਲਾਂ ਉਨ੍ਹਾਂ ਨਾਲ ਹੀ ਵਾਪਰਨ।
10. ਉਨ੍ਹਾਂ ਦੇ ਸਿਰਾਂ ਉੱਤੇ ਭੱਖਦੇ ਕੋਲੇ ਵਰਸਾਉ। ਮੇਰੇ ਦੁਸ਼ਮਣਾਂ ਨੂੰ ਅੱਗ ਵਿੱਚ ਸੁੱਟ ਦਿਉ। ਉਨ੍ਹਾਂ ਨੂੰ ਖਾਈ (ਕਬਰ) ਵਿੱਚ ਸੁੱਟ ਦਿਉ ਜਿੱਥੇ ਉਹ ਕਦੇ ਵੀ ਨਾ ਨਿਕਲ ਸੱਕਣ।
11. ਯਹੋਵਾਹ, ਉਨ੍ਹਾਂ ਝੂਠਿਆ ਨੂੰ ਨਾ ਜਿਉਣ ਦਿਉ। ਉਨ੍ਹਾਂ ਮੰਦੇ ਲੋਕਾਂ ਨਾਲ ਮੰਦੀਆਂ ਗੱਲਾਂ ਵਾਪਰਨ ਦਿਉ।
12. ਮੈਂ ਜਾਣਦਾ ਹਾਂ ਕਿ ਯਹੋਵਾਹ ਨਿਰਪੱਖ ਹੋਕੇ ਗਰੀਬ ਲੋਕਾਂ ਬਾਰੇ ਨਿਆਂ ਕਰੇਗਾ। ਪਰਮੇਸ਼ੁਰ ਬੇਸਹਾਰਿਆਂ ਦੀ ਮਦਦ ਕਰੇਗਾ।
13. ਨੇਕ ਲੋਕ ਤੁਹਾਡੇ ਨਾਮ ਦੀ ਉਸਤਤਿ ਕਰਨਗੇ, ਯਹੋਵਾਹ। ਨੇਕ ਲੋਕ ਤੁਹਾਡੀ ਉਪਾਸਨਾ ਕਰਨਗੇ।