ਪਰਮੇਸ਼ੁਰ ਮੁਕਤੀ ਦੀ ਚੱਟਾਨ
1. ਯਹੋਵਾਹ, ਮੈਂ ਤੁਹਾਡੇ ਵਿੱਚ ਸ਼ਰਨ ਲਈ ਹੈ। ਇਸ ਲਈ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ।
2. ਆਪਣੀ ਚੰਗਿਆਈ ਕਾਰਣ, ਤੁਸੀਂ ਮੈਨੂੰ ਬਚਾਵੋਂਗੇ। ਤੁਸੀਂ ਮੈਨੂੰ ਮੁਸ਼ਕਿਲ ਵਿੱਚੋਂ ਕੱਢੋਂਗੇ, ਮੇਰੀ ਗੱਲ ਸੁਣੋ ਮੈਨੂੰ ਬਚਾਉ।
3. ਮੇਰਾ ਕਿਲ੍ਹਾ ਬਣਾਉ, ਅਤੇ ਉਹ ਘਰ ਜਿਸ ਵਿੱਚ ਮੈਂ ਸੁਰੱਖਿਆ ਲਈ ਨੱਸ ਕੇ ਆ ਵੜਾਂ। ਤੁਸੀਂ ਮੇਰੀ ਓਟ ਹੋ ਮੇਰਾ ਸੁਰੱਖਿਅਤ ਟਿਕਾਣਾ। ਇਸ ਲਈ ਮੇਰੀ ਸੁਰੱਖਿਆ ਦਾ ਨਿਰਦੇਸ਼ ਦੇ ਦੇਵੋ।
4. ਮੇਰੇ ਪਰਮੇਸ਼ੁਰ, ਮੈਨੂੰ ਬੁਰੇ ਬੰਦਿਆਂ ਤੋਂ ਬਚਾਉ। ਮੈਨੂੰ ਜ਼ਾਲਮ ਬਦ ਲੋਕਾਂ ਤੋਂ ਬਚਾਉ।
5. ਮੇਰੇ ਮਾਲਕ, ਤੁਸੀਂ ਮੇਰੀ ਆਸ ਹੋਂ। ਮੈਂ ਤੁਹਾਡੇ ਉੱਪਰ ਉਦੋਂ ਤੋਂ ਵਿਸ਼ਵਾਸ ਕੀਤਾ ਹੈ ਜਦੋਂ ਹਾਲੇ ਮੈਂ ਨੌਜਵਾਨ ਸਾਂ।
6. ਜਨਮ ਤੋਂ ਪਹਿਲਾਂ ਵੀ ਮੈਂ ਤੁਹਾਡੇ ਉੱਤੇ ਭਰੋਸਾ ਕੀਤਾ। ਆਪਣੀ ਮਾਂ ਦੇ ਗਰਭ ਵਿੱਚ ਵੀ ਮੈਂ ਤੁਹਾਡੇ ਉੱਤੇ ਨਿਰਭਰ ਸਾਂ। ਮੈਂ ਹਮੇਸ਼ਾ ਤੁਹਾਨੂੰ ਪ੍ਰਾਰਥਨਾ ਕੀਤੀ ਹੈ।
7. ਤੁਸੀਂ ਹੀ ਮੇਰੀ ਸ਼ਕਤੀ ਦੇ ਸਾਧਨ ਹੋਂ। ਇਸੇ ਲਈ ਮੈਂ ਹੋਰਾਂ ਲਈ ਮਿਸਾਲ ਬਣਿਆ ਹਾਂ।
8. ਮੈਂ ਹਮੇਸ਼ਾ ਤੁਹਾਡੇ ਕੀਤੇ ਅਦਭੁਤ ਕਾਰਿਆਂ ਬਾਰੇ ਗਾਉਂਦਾ ਰਿਹਾ ਹਾਂ।
9. ਮੈਨੂੰ ਇਸ ਲਈ ਦੂਰ ਨਾ ਸੁੱਟੋ ਕਿ ਮੈਂ ਬੁੱਢਾ ਹਾਂ। ਮੈਨੂੰ ਉਦੋਂ ਛੱਡ ਕੇ ਨਾ ਜਾਉ ਜਦੋਂ ਮੈਂ ਕਮਜ਼ੋਰ ਹੋ ਰਿਹਾ ਹਾਂ।
10. ਮੇਰੇ ਵੈਰੀਆਂ ਨੇ ਮੇਰੇ ਲਈ ਛੜਯਂਤਰ ਰਚੇ ਹਨ। ਉਹ ਲੋਕ ਸੱਚਮੁੱਚ ਇਕੱਠੇ ਹੋਏ ਸਨ ਅਤੇ ਉਨ੍ਹਾਂ ਨੇ ਮੈਨੂੰ ਮਾਰਨ ਦੀ ਯੋਜਨਾ ਬਣਾਈ।
11. ਮੇਰੇ ਵੈਰੀਆਂ ਆਖਿਆ, “ਜਾਓ, ਉਸ ਨੂੰ ਫ਼ੜੋ ਪਰਮੇਸ਼ੁਰ ਨੇ ਉਸ ਨੂੰ ਛੱਡ ਦਿੱਤਾ ਹੈ। ਤੇ ਕੋਈ ਵੀ ਬੰਦਾ ਉਸਦੀ ਸਹਾਇਤਾ ਨਹੀਂ ਕਰੇਗਾ।”
12. ਹੇ ਪਰਮੇਸ਼ੁਰ, ਮੈਨੂੰ ਛੱਡ ਕੇ ਨਾ ਜਾਉ। ਹੇ ਪਰਮੇਸ਼ੁਰ, ਛੇਤੀ ਕਰੋ। ਆਉ ਮੈਨੂੰ ਬਚਾਉ।
13. ਮੇਰੇ ਵੈਰੀਆਂ ਨੂੰ ਹਰਾ ਦਿਉ, ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਉ। ਉਹ ਮੈਨੂੰ ਦੁੱਖ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਮੈਨੂੰ ਆਸ ਹੈ ਉਹ ਸ਼ਰਮ ਅਤੇ ਬੇਇੱਜ਼ਤੀ ਮਹਿਸੂਸ ਕਰਨਗੇ।
14. ਫ਼ੇਰ, ਮੈਂ ਹੇਮਸ਼ਾ ਤੁਹਾਡੇ ਵਿੱਚ ਯਕੀਨ ਰੱਖਾਂਗਾ ਅਤੇ ਵੱਧ ਤੋਂ ਵੱਧ ਤੇਰੀ ਉਸਤਤਿ ਕਰਾਂਗਾ।
15. ਮੈਂ ਲੋਕਾਂ ਨੂੰ ਦੱਸਾਂਗਾ ਕਿ ਤੁਸੀਂ ਕਿੰਨੇ ਚੰਗੇ ਹੋ। ਮੈਂ ਲੋਕਾਂ ਨੂੰ ਦੱਸਾਂਗਾ ਕਿ ਤੁਸੀਂ ਮੈਨੂੰ ਕਿੰਨੀ ਵਾਰੀ ਬਚਾਇਆ। ਇਹ ਅਣਗਿਣਤ ਵਾਰੀ ਵਾਪਰਿਆ।
16. ਮੈਂ ਤੁਹਾਡੀ ਮਹਾਨਤਾ ਬਾਰੇ ਦੱਸਾਂਗਾ, ਯਹੋਵਾਹ ਮੇਰੇ ਮਾਲਕ। ਮੈਂ ਸਿਰਫ਼ ਤੇਰੀ ਅਤੇ ਤੇਰੀ ਚੰਗਿਆਈ ਬਾਰੇ ਗੱਲ ਕਰਾਂਗਾ।
17. ਹੇ ਪਰਮੇਸ਼ੁਰ, ਤੁਸੀਂ ਮੈਨੂੰ ਉਦੋਂ ਤੋਂ ਸਿੱਖਿਆ ਦਿੱਤੀ ਹੈ ਜਦੋਂ ਮੈਂ ਹਾਲੇ ਜਵਾਨ ਮੁੰਡਾ ਸਾਂ। ਅਤੇ ਅੱਜ ਦੇ ਦਿਨ ਤੱਕ ਵੀ ਮੈਂ ਲੋਕਾਂ ਨੂੰ ਤੁਹਾਡੇ ਅਦਭੁਤ ਕਾਰਜਾਂ ਬਾਰੇ ਦੱਸਿਆ ਹੈ।
18. ਹੁਣ ਮੈਂ ਬੁੱਢਾ ਹਾਂ ਅਤੇ ਮੇਰੇ ਵਾਲ ਧੌਲੇ ਹਨ। ਪਰ ਹੇ ਪਰਮੇਸ਼ੁਰ ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਨਹੀਂ ਛੱਡੇਂਗਾ। ਮੈਂ ਤੁਹਾਡੀ ਸ਼ਕਤੀ ਅਤੇ ਮਹਾਨਤਾ ਬਾਰੇ ਹਰ ਨਵੀਂ ਪੀੜੀ ਨੂੰ ਦੱਸਾਂਗਾ।
19. ਹੇ ਪਰਮੇਸ਼ੁਰ, ਤੁਹਾਡੀ ਮਹਾਨਤਾ ਅਕਾਸ਼ਾਂ ਤੱਕ ਪਹੁੰਚਦੀ ਹੈ। ਹੇ ਪਰਮੇਸ਼ੁਰ ਕੋਈ ਵੀ ਦੇਵਤਾ ਤੇਰੇ ਵਰਗਾ ਨਹੀਂ ਹੈ। ਤੁਸਾਂ ਮਹਾਨ ਅਤੇ ਅਦਭੁਤ ਗੱਲਾਂ ਕੀਤੀਆਂ ਹਨ।
20. ਤੁਸੀਂ ਮੈਨੂੰ ਮੂਸੀਬਤਾਂ ਅਤੇ ਬੁਰੇ ਵਕਤ ਵਿਖਾਏ, ਪਰ ਤੂੰ ਮੇਰੀ ਉਨ੍ਹਾਂ ਸਭ ਤੋਂ ਰੱਖਿਆ ਕੀਤੀ, ਅਤੇ ਮੈਨੂੰ ਜਿਉਂਦਿਆਂ ਰੱਖਿਆ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਮੈਂ ਕਿੰਨਾ ਡੂੰਘਾ ਡੁੱਬਿਆ, ਤੁਸੀਂ ਮੈਨੂੰ ਮੇਰੀਆਂ ਮੁਸੀਬਤਾਂ ਤੋਂ ਬਾਹਰ ਕੱਢ ਲਿਆ।
21. ਤੁਸੀਂ ਪਹਿਲਾਂ ਨਾਲੋਂ ਵੱਡੇਰੀਆਂ ਗੱਲਾਂ ਕਰਨ ਵਿੱਚ ਮੇਰੀ ਸਹਾਇਤਾ ਕਰੋ। ਮੈਨੂੰ ਸੁਕੂਨ ਪਹੁੰਚਾਉਂਦੇ ਰਹੋ।
22. ਮੈਂ ਸਾਜ਼ ਵਜਾਵਾਂਗਾ ਅਤੇ ਤੁਹਾਡੀ ਉਸਤਤਿ ਕਰਾਂਗਾ, ਮੇਰੇ ਪਰਮੇਸ਼ੁਰ, ਮੈਂ ਗਾਵਾਂਗਾ ਕਿ ਤੁਹਾਡੇ ਉੱਤੇ ਇਤਬਾਰ ਕੀਤਾ ਜਾ ਸੱਕਦਾ ਹੈ। ਮੈਂ ਆਪਣੀ ਸਾਰੰਗੀ ਨਾਲ ਇਸਰਾਏਲ ਦੇ ਪਵਿੱਤਰ ਯਹੋਵਾਹ ਲਈ ਗੀਤ ਗਾਵਾਂਗਾ।
23. ਤੁਸੀਂ ਮੇਰੀ ਆਤਮਾ ਨੂੰ ਬਚਾਇਆ। ਮੇਰੀ ਆਤਮਾ ਖੁਸ਼ ਹੋਵੇਗੀ। ਮੈਂ ਆਪਣੇ ਬੁਲ੍ਹਾਂ ਨਾਲ ਉਸਤਤਿ ਦੇ ਗੀਤ ਗਾਵਾਂਗਾ।
24. ਮੇਰੀ ਜ਼ੁਬਾਨ ਸਦਾ ਤੁਹਾਡੀ ਚੰਗਿਆਈ ਬਾਰੇ ਗਾਵੇਗੀ ਅਤੇ ਉਹ ਲੋਕ ਜਿਹੜੇ ਮੈਨੂੰ ਮਾਰਨਾ ਚਾਹੁੰਦੇ ਹਨ ਹਾਰ ਜਾਣਗੇ ਅਤੇ ਬੇਇੱਜ਼ਤ ਹੋਣਗੇ।